ਆਮ ਆਦਮੀ ਪਾਰਟੀ ਦੇ ਹੱਕ ਵਿੱਚ ਬੇਲਾ ਚੌਂਕ ਵਿਖੇ ਵਿਸ਼ਾਲ ਪ੍ਰਦਰਸ਼ਨ
ਵਿਧਾਇਕ ਦਿਨੇਸ਼ ਚੱਢਾ ਨੇ ਵਲੰਟੀਅਰਾਂ ਨਾਲ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਸਮਰਥਨ

ਆਮ ਆਦਮੀ ਪਾਰਟੀ ਦੇ ਹੱਕ ਵਿੱਚ ਬੇਲਾ ਚੌਂਕ ਵਿਖੇ ਵਿਸ਼ਾਲ ਪ੍ਰਦਰਸ਼ਨ

ਵਿਧਾਇਕ ਦਿਨੇਸ਼ ਚੱਢਾ ਨੇ ਵਲੰਟੀਅਰਾਂ ਨਾਲ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਸਮਰਥਨ

ਰੂਪਨਗਰ, 10 ਮਈ (ਵਿਨੋਦ ਸ਼ਰਮਾ) ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਨੇ ਅੱਜ ਬੇਲਾ ਚੌਂਕ ਵਿਖੇ ਸੈਂਕੜਿਆਂ ਵਲੰਟੀਅਰਾਂ ਸਮੇਤ ਸਰਕਾਰ ਦੇ ਹੱਕ ਵਿੱਚ ਵਿਸ਼ਾਲ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੇ ਇਕੱਠੇ ਹੋ ਕੇ ਪਾਰਟੀ ਅਤੇ ਸਰਕਾਰ ਪ੍ਰਤੀ ਆਪਣੀ ਏਕਤਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਆਮ ਲੋਕਾਂ ਨੂੰ ਕਈ ਵੱਡੀਆਂ ਸਹੂਲਤਾਂ ਮਿਲਣੀਆਂ ਸ਼ੁਰੂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਬਿਜਲੀ, ਵਧੀਆ ਸਕੂਲ, ਆਮ ਆਦਮੀ ਕਲੀਨਿਕ ਅਤੇ ਹੋਰ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਵਿੱਚ ਖੇਡ ਮੈਦਾਨ ਅਤੇ ਹੋਰ ਵਿਕਾਸ ਕਾਰਜ ਵੀ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।
ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਸੰਘਰਸ਼ ਵਿੱਚੋਂ ਨਿਕਲੀ ਹੋਈ ਪਾਰਟੀ ਹੈ ਅਤੇ ਹਰ ਤਰ੍ਹਾਂ ਦੇ ਦਬਾਅ ਅਤੇ ਵਿਰੋਧ ਦਾ ਡਟ ਕੇ ਸਾਹਮਣਾ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਲੰਟੀਅਰ ਹਰ ਹਾਲਤ ਵਿੱਚ ਇਕੱਠੇ ਖੜ੍ਹੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ।
ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਧਮਕੀ ਜਾਂ ਦਬਾਅ ਨਾਲ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਮਨੋਬਲ ਨਹੀਂ ਟੁੱਟੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਸਾਲ 2027 ਵਿੱਚ ਮੁੜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਭਗਵੰਤ ਸਿੰਘ ਮਾਨ ਦੁਬਾਰਾ ਮੁੱਖ ਮੰਤਰੀ ਬਣਣਗੇ।ਪ੍ਰਦਰਸ਼ਨ ਦੌਰਾਨ ਵਲੰਟੀਅਰਾਂ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ।




